Jun 7, 2022 1:54 PM - ANI
ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਮਰਹੂਮ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਕਤਲ ’ਤੇ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਉੱਥੇ ਹੀ, ਭਾਜਪਾ ਆਗੂ ਹੰਸ ਰਾਜ ਹੰਸ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿਚ ਤੇਜ਼ੀ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਪੁਨਰਗਠਨ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।
17 ਜੂਨ 1993 ਨੂੰ ਜਨਮੇ ਸਿੱਧੂ ਮੂਸੇਵਾਲਾ ਦਾ ਅਸਲ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ, ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਦੇ ਰਹਿਣ ਵਾਲੇ ਸਨ। ਇੰਸਟਾਗ੍ਰਾਮ 'ਤੇ ਉਹ 6.9 ਮਿਲੀਅਨ ਫੋਲੋਅਰਜ਼ ਨਾਲ ਨੌਜਵਾਨਾਂ ਵਿਚ ਕਾਫ਼ੀ ਲੋਕਪ੍ਰਿਯ ਸਨ। '295', ਸੋ ਹਾਈ, ਟੋਚਨ ਤੇ ਡਾਲਰ ਵਰਗੇ ਗਾਣਿਆਂ ਨਾਲ ਮੂਸੇਵਾਲਾ ਪ੍ਰਸਿੱਧੀ ਦੀ ਨਵੀਂ ਉਚਾਈ 'ਤੇ ਪਹੁੰਚੇ ਸਨ। ਪਿਛਲੇ ਸਾਲ ਦਸੰਬਰ ਵਿਚ ਕਾਂਗਰਸ ਵਿਚ ਸ਼ਾਮਲ ਹੋਣ ਮਗਰੋਂ ਮੂਸੇਵਾਲਾ ਨੇ ਮਾਨਸਾ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ।