Jan 21, 2025 8:06 PM - Connect Newsroom
ਅਮਰੀਕਾ ਵਿਚ ਗੈਰ-ਕਾਨੂੰਨੀ ਰਹਿ ਰਹੇ 18 ਹਜ਼ਾਰ ਭਾਰਤੀਆਂ ਦੀ ਦੇਸ਼ ਵਾਪਸੀ ਹੋ ਸਕਦੀ ਹੈ। ਬਲੂਮਬਰਗ ਦੀ ਇੱਕ ਰਿਪੋਰਟ ਦੇ ਅਨੁਸਾਰ, ਇਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉੱਥੇ ਦੀ ਨਾਗਰਿਕਤਾ ਪ੍ਰਾਪਤ ਕਰਨ ਲਈ ਸਹੀ ਦਸਤਾਵੇਜ਼ ਵੀ ਨਹੀਂ ਹਨ।
ਪਿਛਲੇ ਮਹੀਨੇ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ ਆਈਸੀਈ ਨੇ ਲਗਭਗ 15 ਲੱਖ ਲੋਕਾਂ ਦੀ ਇੱਕ ਸੂਚੀ ਤਿਆਰ ਕੀਤੀ ਸੀ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ। 18 ਹਜ਼ਾਰ ਭਾਰਤੀ ਇਸੇ ਸੂਚੀ ਦਾ ਹਿੱਸਾ ਹਨ।
ਰਿਪੋਰਟ ਦੇ ਅਨੁਸਾਰ, ਭਾਰਤ ਸਰਕਾਰ ਟਰੰਪ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ ਤਾਂ ਜੋ ਉੱਥੇ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਵਾਪਸ ਲਿਆਂਦਾ ਜਾ ਸਕੇ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਨਹੀਂ ਚਾਹੁੰਦਾ ਕਿ ਗੈਰ-ਕਾਨੂੰਨੀ ਨਾਗਰਿਕਾਂ ਦਾ ਮੁੱਦਾ ਐੱਚ-1ਬੀ ਵੀਜ਼ਾ ਅਤੇ ਸਟੂਡੈਂਟ ਵੀਜ਼ਾ ਵਰਗੇ ਪ੍ਰੋਗਰਾਮਾਂ ਨੂੰ ਪ੍ਰਭਾਵਿਤ ਕਰੇ।