Apr 16, 2025 6:12 PM - Connect Newsroom
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਲਏ ਜਾਣ ਦਾ ਨਿਰਦੇਸ਼ ਦਿੱਤੇ ਜਾਣ ਦੀ ਅਪੀਲ ਕੀਤੀ ਹੈ।
ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਸੁਪਰੀਮ ਕੋਰਟ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਇੱਕ ਵਾਰ ਫਿਰ ਚਿੱਠੀ ਵੀ ਲਿਖੀ ਜਾਵੇਗੀ।
ਧਾਮੀ ਨੇ ਕਿਹਾ ਕਿ ਪੀ. ਐੱਮ. ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਾਹਤ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਸ 'ਤੇ ਕਾਰਵਾਈ ਨਹੀਂ ਹੋਈ ਹੈ।
ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਕੋਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਵਾਪਸ ਲਏ ਜਾਣ ਲਈ ਕਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਬਾਰੇ ਵੀ ਵਿਚਾਰ ਕਰ ਰਹੀ ਹੈ।