Feb 4, 2025 5:07 PM - Connect Newsroom
ਅਮਰੀਕਾ ਤੋਂ ਡਿਪੋਰਟ ਕੀਤੇ 200 ਦੇ ਕਰੀਬ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ 3-17 ਗਲੋਬਮਾਸਟਰ ਜਹਾਜ਼ ਬੁੱਧਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਉਤਰੇਗਾ। ਇਨ੍ਹਾਂ ਗੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਬਹੁਤੇ ਪੰਜਾਬ ਜਾਂ ਨੇੜਲੇ ਰਾਜਾਂ ਨਾਲ ਸਬੰਧਤ ਦੱਸੇ ਜਾਂਦੇ ਹਨ।
ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਹੈ ਜਦੋਂ ਇੰਨੀ ਵੱਡੀ ਗਿਣਤੀ ਵਿਚ ਗੈਰਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਹੈ, ਨਾਲ ਹੀ ਇਹ ਪਹਿਲੀ ਵਾਰ ਹੈ ਜਦੋਂ ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਣ ਲਈ ਫੌਜੀ ਮਾਲਵਾਹਕ ਜਹਾਜ਼ ਦੀ ਵਰਤੋਂ ਕਰ ਰਿਹਾ ਹੈ। ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਵਾਪਸ ਲਿਆਉਣ ਦੀ ਪੂਰੀ ਪ੍ਰਕਿਰਿਆ ਵਿਚ ਭਾਰਤ ਨੇ ਟਰੰਪ ਪ੍ਰਸ਼ਾਸਨ ਦਾ ਸਾਥ ਦਿੱਤਾ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਭਾਰਤ ਗੈਰਕਾਨੂੰਨੀ ਪ੍ਰਵਾਸ ਦੀ ਵਕਾਲਤ ਨਹੀਂ ਕਰਦਾ। ਅਮਰੀਕਾ ਨੇ ਨਵੰਬਰ 2024 ਵਿਚ 18,000 ਗੈਰਕਾਨੂੰਨੀ ਪ੍ਰਵਾਸੀਆਂ ਦੀ ਇੱਕ ਸੂਚੀ ਭਾਰਤ ਨਾਲ ਸਾਂਝੀ ਕੀਤੀ ਸੀ ਜਿਨ੍ਹਾਂ ਨੂੰ ਵਾਪਸ ਭਾਰਤ ਭੇਜਣ ਦੀ ਲੋੜ ਸੀ।