Apr 25, 2025 6:21 PM - Connect Newsroom
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਸਰਵਉੱਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪਾਈ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਦਰਅਸਲ, ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਜੀਠੀਆ ਨੂੰ ਡਰੱਗ ਕੇਸ ਵਿਚ ਦਿੱਤੀ ਗਈ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਸੰਬੰਧੀ ਕੋਈ ਵੀ ਜਨਤਕ ਬਿਆਨ ਦੇਣ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਸਿਖਰਲੀ ਅਦਾਲਤ ਨੇ ਇਹ ਸਪੱਸ਼ਟ ਕੀਤਾ ਕਿ ਜੇ ਮਜੀਠੀਆ ਡਰੱਗਜ਼ ਮਾਮਲੇ ਵਿਚ ਗਵਾਹਾਂ ਜਾਂ ਮੁਕੱਦਮੇ ਨੂੰ ਅਸਰਅੰਦਾਜ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਨੂੰ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਖੁੱਲ੍ਹ ਰਹੇਗੀ।