Mar 21, 2025 6:52 PM - Connect Newsroom
ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਸ਼ੁੱਕਰਵਾਰ ਨੂੰ ਸੱਦੀ ਗਈ ਬੈਠਕ ਵਿਚ ਕਿਸਾਨ ਲੀਡਰ ਸ਼ਾਮਲ ਨਹੀਂ ਹੋਏ। ਸੂਬਾ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਸਾਰੀਆਂ ਧਿਰਾਂ ਵਲੋਂ ਸਰਬਸੰਮਤੀ ਨਾਲ ਸਰਕਾਰ ਨਾਲ ਮੀਟਿੰਗ ਵਿਚ ਨਾ ਜਾਣ ਫੈਸਲਾ ਲਿਆ ਗਿਆ।
ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਧਰਨੇ ਚੁਕਾਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਲੀਡਰਾਂ ਨੂੰ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਸੀ।
ਕਿਸਾਨਾਂ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਹਾਰਣ ਤੋਂ ਬਾਅਦ ਲੁਧਿਆਣਾ ਦੀ ਜ਼ਿਮਨੀ ਚੋਣ ਜਿੱਤਣ ਦੇ ਮਕਸਦ ਲਈ ਵਪਾਰੀਆਂ ਨੂੰ ਖ਼ੁਸ਼ ਕਰਨ ਵਾਸਤੇ ਹੀ ਸ਼ੰਭੂ ਅਤੇ ਖਨੌਰੀ ਬਾਰਡਰ ਖੁਲ੍ਹਵਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲਿਆ।
ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਤੋਂ ਪਹਿਲਾਂ ਮਾਹੌਲ ਨੂੰ ਸੁਖਾਵਾਂ ਬਣਾਵੇ, ਫਿਰ ਹੀ ਮੀਟਿੰਗ ਕੀਤੀ ਜਾ ਸਕਦੀ ਹੈ।