Apr 24, 2025 4:32 PM - Connect Newsroom
ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ ਸਖ਼ਤ ਫੈਸਲਿਆਂ ਦੇ ਜਵਾਬ ਵਿਚ ਪਾਕਿਸਤਾਨ ਨੇ ਵੀ ਦੁਵੱਲੇ ਸਮਝੌਤਿਆਂ ਨੂੰ ਸਸਪੈਂਡ ਕਰਨ ਦੀ ਗੱਲ ਆਖੀ ਹੈ।
ਇਸ ਵਿਚ 1972 ਦਾ ਸ਼ਿਮਲਾ ਸਮਝੌਤਾ ਵੀ ਸ਼ਾਮਲ ਹੈ, ਜਿਸ ਵਿਚ ਦੋਵੇਂ ਦੇਸ਼ ਆਪਸੀ ਵਿਵਾਦ ਨੂੰ ਸ਼ਾਂਤੀਪੂਰਨ ਢੰਗ ਨਾਲ ਸੁਲਝਾਉਣ ਅਤੇ ਯੁੱਧ ਤੋਂ ਪਰਹੇਜ਼ ਕਰਨ ਲਈ ਸਹਿਮਤ ਹੋਏ ਸਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ ਵਿਚ ਹੋਈ ਪਾਕਿਸਤਾਨ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਵਿਚ ਲਏ ਗਏ ਫੈਸਲਿਆਂ ਤਹਿਤ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਛੱਡ ਕੇ ਬਾਕੀ ਸਾਰੇ ਭਾਰਤੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਵਾਪਸ ਜਾਣ ਦਾ ਹੁਕਮ ਜਾਰੀ ਕੀਤਾ ਹੈ।
ਗੌਰਤਲਬ ਹੈ ਕਿ ਬੀਤੇ ਦਿਨ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨ ਅਤੇ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਣ ਸਮੇਤ 5 ਵੱਡੇ ਫੈਸਲੇ ਲਏ ਸਨ। ਪਾਕਿਸਤਾਨ ਨੇ ਕਿਹਾ ਕਿ ਜੇ ਭਾਰਤ ਸਿੰਧੂ ਜਲ ਸੰਧੀ ਨੂੰ ਰੋਕਦਾ ਹੈ ਤਾਂ ਇਸ ਨੂੰ ਜੰਗ ਦੀ ਤਰ੍ਹਾਂ ਮੰਨਿਆ ਜਾਵੇਗਾ। ਪਾਕਿਸਤਾਨ ਨੇ ਭਾਰਤੀ ਏਅਰਲਾਈਨਾਂ ਲਈ ਆਪਣਾ ਹਵਾਈ ਖੇਤਰ ਵੀ ਬੰਦ ਕਰ ਦਿੱਤਾ ਹੈ।