Mar 19, 2025 7:51 PM - The Canadian Press
ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਇਸ ਸਾਲ ਚੀਨ ਨੇ ਕਈ ਕੈਨੇਡੀਅਨ ਨੂੰ ਫਾਂਸੀ ਦਿੱਤੀ ਹੈ, ਜਿਸ ਦਾ ਉਸ ਨੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਬੀਜਿੰਗ ਦਾ ਕਹਿਣਾ ਹੈ ਕਿ ਇਹ ਨਸ਼ੀਲੇ ਪਦਾਰਥਾਂ ਦੇ ਅਪਰਾਧ ਨਾਲ ਸਬੰਧਤ ਮਾਮਲੇ ਸਨ। ਗਲੋਬਲ ਅਫੇਅਰਜ਼ ਕੈਨੇਡਾ ਦੇ ਬੁਲਾਰੇ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਕਿੰਨੇ ਕੈਨੇਡੀਅਨਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ।
ਇਸ ਵਿਚਕਾਰ ਕੈਨੇਡਾ ਵਿਚ ਚੀਨੀ ਅੰਬੈਸੀ ਨੇ ਇੱਕ ਬਿਆਨ ਵਿਚ ਕਿਹਾ ਕਿ ਚੀਨ ਦੇ ਨਸ਼ੀਲੇ ਪਦਾਰਥਾਂ ਦੇ ਅਪਰਾਧ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਹੈ। ਅੰਬੈਸੀ ਨੇ ਕਿਹਾ ਕਿ ਉਹ ਕੈਨੇਡਾ ਸਰਕਾਰ ਨੂੰ ਰੂਲ ਆਫ ਲਾਅ ਅਤੇ ਚੀਨ ਦੀ ਨਿਆਇਕ ਪ੍ਰਭੂਸੱਤਾ ਦਾ ਸਨਮਾਨ ਕਰਨ ਅਤੇ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਨਾ ਕਰਨ ਦੀ ਅਪੀਲ ਕਰਦੇ ਹਨ।
ਗਲੋਬਲ ਅਫੇਅਰਜ਼ ਕੈਨੇਡਾ ਨੇ ਚੀਨ ਦੇ ਕਦਮ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਬੁਨਿਆਦੀ ਮਨੁੱਖੀ ਸਨਮਾਨ ਦੀ ਉਲੰਘਣਾ ਦੱਸਿਆ ਸੀ। ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਪਰ ਡਿਪਾਰਟਮੈਂਟ ਵਲੋਂ ਗੋਪਨੀਯਤਾ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕੈਨੇਡੀਅਨਾਂ ਦੀ ਪਛਾਣ ਜਾਂ ਉਨ੍ਹਾਂ ਬਾਰੇ ਹੋਰ ਜਾਣਕਾਰੀ ਨਹੀਂ ਦਿੱਤੀ ਗਈ।