Nov 4, 2024 5:34 PM - The Canadian Press
ਪਾਕਿਸਤਾਨ ਨੇ ਅਮਰੀਕਾ, ਯੂ. ਕੇ. ਅਤੇ ਕੈਨੇਡਾ ਦੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਫੀਸ ਮਾਫ ਕਰਨ ਦਾ ਐਲਾਨ ਕੀਤਾ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਸਿੱਖਾਂ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਹੁਣ ਸਿੱਖ ਸ਼ਰਧਾਲੂਆਂ ਨੂੰ ਪਹੁੰਚਣ ’ਤੇ ਵੀਜ਼ੇ ਦੀ ਸੁਵਿਧਾ ਮਿਲੇਗੀ।
ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਹੁਣ ਧਾਰਮਿਕ ਯਾਤਰਾ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਸੁਵਿਧਾ ਨਾ ਸਿਰਫ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਦੇ ਪਾਸਪੋਰਟ ਹੋਲਡਰ ਸਿੱਖਾਂ ਨੂੰ ਸਗੋਂ ਇਨ੍ਹਾਂ ਦੇਸ਼ਾਂ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ।
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਨਕਵੀ ਨੇ ਕਿਹਾ ਕਿ ਜਿਸ ਤਰ੍ਹਾਂ ਮੁਸਲਮਾਨਾਂ ਲਈ ਸਾਊਦੀ ਅਰਬ ਪਵਿੱਤਰ ਅਸਥਾਨ ਹੈ, ਉਸੇ ਤਰ੍ਹਾਂ ਪਾਕਿਸਤਾਨ ਸਿੱਖ ਭਾਈਚਾਰੇ ਲਈ ਹੈ।